ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ CM ਮਾਨ ਨੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ, ਕੀਤਾ ਇਹ ਟਵੀਟ

1160

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਦੀ ਘਟਣਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ‘ਚ ਉਨ੍ਹਾਂ ਲਿਖਿਆ ਕਿ ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੇਰੀ ਦਿਲੋਂ ਹਮਦਰਦੀ ਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ।

ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।